ਦਿੱਲੀ ਗੁ.ਕਮੇਟੀ ਅਤੇ ਟਰਾਂਸਪੋਰਟ ਭਾਈਚਾਰੇ ਵੱਲੋਂ ਬੱਲ ਮਲਕੀਅਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 31 ਅਕਤੂਬਰ (ਮਨਪ੍ਰੀਤ ਸਿੰਘ ਮੱਲ੍ਹੀ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਟਰਾਂਸਪੋਰਟ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਮਹਾਰਾਸ਼ਟਰ ਦੇ ਨਵ-ਨਿਯੁੱਕਤ ਚੇਅਰਮੈਨ ਬੱਲ ਮਲਕੀਅਤ ਸਿੰਘ ਨੂੰ ਇੱਕ ਵਿਸ਼ੇਸ਼ ਸਨਮਾਨ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ,ਸਕੱਤਰ ਜਗਦੀਪ ਸਿੰਘ ਕਾਹਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਅਤੇ ਟਰਾਂਸਪੋਰਟ ਭਾਈਚਾਰੇ ਦੇ ਪ੍ਰਮੁੱਖ ਮੈਂਬਰਾਂ ਵੱਲੋਂ ਬੱਲ ਮਲਕੀਅਤ ਸਿੰਘ ਨੂੰ ਗੁਰੂ ਮਹਾਰਾਜ ਜੀ ਦੀ ਬਖਸ਼ਿਸ਼ ਸਿਰੋਪਾੳ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੱਲ ਮਲਕੀਅਤ ਸਿੰਘ ਨੇ ਸਾਰੀਆਂ ਸੰਗਤਾਂ ਅਤੇ ਗੁਰੂ ਮਹਾਰਾਜ ਜੀ ਦਾ ਕੋਟਿ ਕੋਟ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲਕੇ ਅਪਣੀ ਪੰਜਾਬੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਅਪਣੇ ਅਨਮੋਲ ਵਿਰਸੇ ਨੂੰ ਬਚਾਉਣ ਲਈ ਕੰਮ ਕਰਾਂਗੇ।ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਸੱਭਿਆਚਾਰਕ ਅਤੇ ਸਾਹਿਤਕ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਮਹਾਰਾਸ਼ਟਰ ਸਰਕਾਰ ਦੇ ਸਹਿਯੋਗ ਨਾਲ ਅਕਾਦਮੀ ਵੱਖ-ਵੱਖ ਸਮਾਗਮਾਂ ਦਾ ਆਯੋਜਨ ਲੇਖਕਾਂ ਦੀਆਂ ਰਚਨਾਵਾਂ ਦਾ ਪ੍ਰਕਾਸ਼ਨ,ਸੱਭਿਆਚਾਰਕ ਪ੍ਰੋਗਰਾਮ,ਧਾਰਮਿਕ ਗਤੀਵਿਧੀਆਂ ਵਿੱਚ ਵਾਧਾ ਕਰੇਗੀ ਤਾਂ ਜੋ ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਮੁੱਲਾਂ ਦਾ ਰਾਜ ਵਿੱਚ ਵਿਕਾਸ ਯਕੀਨੀ ਬਣਾਇਆ ਜਾ ਸਕੇ।